ਪੰਜਾਬ

ਪੰਜਾਬ ਕੈਬਨਿਟ ਮੀਟਿੰਗ: ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਬਿੱਲ ਮਨਜ਼ੂਰ, ਆਊਟਸੋਰਸ ਮੁਲਾਜ਼ਮਾਂ ਲਈ ਵੀ ਨਵਾਂ ਬਿੱਲ

ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੁੱਧਵਾਰ ਯਾਨੀ ਕਿ ਅੱਜ ਹੋਈ ਕੈਬਨਿਟ ਮੀਟਿੰਗ ‘ਚ ਸੂਬੇ ਦੇ ਵਿਕਾਸ, ਸਿੱਖਿਆ ਤੇ ਕਾਮਿਆਂ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਲਿਆਂਦੇ ਗਏ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼’ ਸਬੰਧੀ ਆਰਡੀਨੈਂਸ ਨੂੰ ਹੁਣ ਬਿੱਲ ਦੇ ਰੂਪ ‘ਚ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਵਿਧਾਨ ਸਭਾ ‘ਚ ਪਾਸ ਹੋਣ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੂਰੀ ਤਰ੍ਹਾਂ ਲਾਗੂ ਹੋ ਜਾਵੇਗਾ। ਉਦੋਂ ਤੱਕ ਪਹਿਲਾਂ ਜਾਰੀ ਕੀਤਾ ਗਿਆ ਆਰਡੀਨੈਂਸ ਹੀ ਪ੍ਰਭਾਵੀ ਰਹੇਗਾ। ਚੀਮਾ ਨੇ ਕਿਹਾ ਕਿ ਸਰਕਾਰ ਨੇ ਗੈਰ-ਸਹਾਇਤਾ ਪ੍ਰਾਪਤ (ਪ੍ਰਾਈਵੇਟ) ਸਕੂਲਾਂ ਲਈ ਸਲਾਨਾ ਫ਼ੀਸ ਵਾਧੇ ਦੀ ਵੱਧ ਤੋਂ ਵੱਧ ਸੀਮਾ 5 ਫ਼ੀਸਦੀ ਨਿਰਧਾਰਤ ਕੀਤੀ ਹੈ। ਜੇਕਰ ਕੋਈ ਸਕੂਲ ਇਸ ਤੋਂ ਵੱਧ ਫ਼ੀਸ ਵਧਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਰੈਗੂਲੇਟਰੀ ਬਾਡੀ ਤੋਂ ਮਨਜ਼ੂਰੀ ਲੈਣੀ ਪਵੇਗੀ। ਇਸ ਨਾਲ ਬੇਲੋੜੇ ਫ਼ੀਸ ਵਾਧੇ ‘ਤੇ ਨਿਯੰਤਰਣ ਰੱਖਿਆ ਜਾ ਸਕੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਵੱਖ-ਵੱਖ ਵਿਭਾਗਾਂ ‘ਚ ਵੱਡੀ ਗਿਣਤੀ ‘ਚ ਕਾਮੇ ਠੇਕੇਦਾਰਾਂ ਰਾਹੀਂ ਆਊਟਸੋਰਸ ਅਧਾਰ ‘ਤੇ ਕੰਮ ਕਰ ਰਹੇ ਹਨ। ਹੁਣ, ਪੰਜਾਬ ਕੈਬਨਿਟ ਨੇ ਇੱਕ ਇਤਿਹਾਸਕ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਆਊਟਸੋਰਸ ਕਾਮਿਆਂ ਨੂੰ ਠੇਕੇਦਾਰਾਂ ਦੀ ਬਜਾਏ ਸਿੱਧੇ ਸਰਕਾਰ ਦੇ ਅਧੀਨ ਕਾਂਟ?ਰੈਕਟ ਆਧਾਰ ‘ਤੇ ਰੱਖਣ ਦੀ ਵਿਵਸਥਾ ਕੀਤੀ ਜਾਵੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਬਿੱਲ ਨੂੰ ਜਲਦ ਹੀ ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਜਾਵੇਗਾ। ਵਿਧਾਨ ਸਭਾ ਤੋਂ ਪਾਸ ਹੋਣ ਤੋਂ ਬਾਅਦ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਉਂਕਿ ਇਹ ਇੱਕ ਮਨੀ ਬਿੱਲ ਹੈ, ਇਸ ਲਈ ਇਸ ਨੂੰ ਪੇਸ਼ ਕਰਨ ਤੋਂ ਪਹਿਲਾਂ ਵੀ ਰਾਜਪਾਲ ਤੋਂ ਲੋੜੀਂਦੀ ਮਨਜ਼ੂਰੀ ਲੈਣੀ ਹੋਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਕੈਬਨਿਟ ਦੇ ਇਹ ਫ਼ੈਸਲੇ ਪੰਜਾਬ ਦੇ ਨੌਜਵਾਨਾਂ, ਸਿੱਖਿਆ ਪ੍ਰਣਾਲੀ ਤੇ ਕਾਮ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਏ ਗਏ ਹਨ। ਇਸ ਤੋਂ ਇਲਾਵਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਵੀ ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

 

Related Articles

Leave a Reply

Your email address will not be published. Required fields are marked *

Back to top button
error: Content is protected !!